ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਜਮਹੂਰੀ ਕਦਰਾਂ-ਕੀਮਤਾਂ ਦੀ ਅਹਿਮ ਜਿੱਤ ਦੱਸਿਆ ਹੈ।

ਸ. ਚੇਤਨ ਸਿੰਘ ਜੌੜਾਮਾਜਰਾ ਨੇ ਪਾਰਟੀ ਮੈਂਬਰਾਂ ਨਾਲ ਸ੍ਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ਦਾ ਜਸ਼ਨ ਮਨਾਉਂਦਿਆਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਨੂੰ ਸੱਚਾਈ ਅਤੇ ਇਮਾਨਦਾਰੀ ਦੀ ਤਾਕਤ ਅੱਗੇ ਝੁਕਣ ਲਈ ਮਜਬੂਰ ਕਰ ਦਿੱਤਾ ਹੈ।

ਸ. ਜੌੜਾਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਇਸ ਗੱਲ ‘ਤੇ ਕਾਇਮ ਹੈ ਕਿ ਸ੍ਰੀ ਕੇਜਰੀਵਾਲ ਖਿਲਾਫ਼ ਕੇਸ ਬੇਬੁਨਿਆਦ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਕਿਹਾ ਸੀ ਕਿ ਇਹ ਪੂਰਾ ਮਾਮਲਾ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਝੂਠ ਦੇ ਆਧਾਰ ‘ਤੇ ਬਣਾਇਆ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸ੍ਰੀ ਕੇਜਰੀਵਾਲ ਅਤੇ ‘ਆਪ’ ਦੀ ਸਾਖ ਨੂੰ ਢਾਹ ਲਾਉਣ ਲਈ ਝੂਠ ਦੀ ਬੁਨਿਆਦ ‘ਤੇ ਮਾਮਲੇ ਬਣਾਏ। ਸ. ਜੌੜਾਮਾਜਰਾ ਨੇ ਕਿਹਾ ਕਿ ਜ਼ਮਾਨਤ ਦੇ ਫੈਸਲੇ ਨੇ ਅੱਜ ਮੋਦੀ ਅਤੇ ਜਾਂਚ ਏਜੰਸੀਆਂ ਦੇ ਝੂਠ ਦਾ ਪਰਦਾਫਾਸ਼ ਕਰ ਦਿੱਤਾ ਹੈ।

ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਸ. ਜੌੜਾਮਾਜਰਾ ਨੇ ਸਿਆਸੀ ਵਿਰੋਧੀਆਂ ਨੂੰ ਦਬਾਉਣ ਲਈ ਕਾਨੂੰਨ ਲਾਗੂਕਰਨ ਏਜੰਸੀਆਂ ਦੀ ਦੁਰਵਰਤੋਂ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਦੀ ਕਰੜੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਅਦਾਲਤ ਦਾ ਇਹ ਫੈਸਲਾ ਭਾਜਪਾ ਲਈ ਫਟਕਾਰ ਹੈ ਅਤੇ ਇਸ ਫੈਸਲੇ ਨਾਲ ਇਹ ਸੰਦੇਸ਼ ਗਿਆ ਹੈ ਕਿ ਦੇਸ਼ ਵਿੱਚ ਸੰਵਿਧਾਨ ਹੀ ਸਰਬਉੱਚ ਹੈ, ਨਾ ਕਿ ਕੋਈ ਤਾਨਾਸ਼ਾਹ।

ਕੈਬਨਿਟ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਆਪਣੀਆਂ ਵਿਰੋਧੀ ਸਿਆਸੀ ਧਿਰਾਂ ਖਿਲਾਫ਼ ਅਪਣਾਈਆਂ ਦਮਨਕਾਰੀ ਨੀਤੀਆਂ ਦੇ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਜਦੋਂ ਤਾਨਾਸ਼ਾਹੀ ਚਾਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਸਾਡਾ ਸੰਵਿਧਾਨ ਆਮ ਨਾਗਰਿਕਾਂ ਦੇ ਅਧਿਕਾਰਾਂ ਦੀ ਰਾਖੀ ਲਈ ਡਟ ਕੇ ਖੜ੍ਹਦਾ ਹੈ।

By Admin

Leave a Reply

Your email address will not be published. Required fields are marked *