ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ : ਡਾ. ਰੇਨੂੰ ਸਿੰਘ

ਐਸ.ਏ.ਐਸ.ਨਗਰ, 9 ਸਤੰਬਰ : ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ “ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਦਿਵਸ ਮਨਾਇਆ ਗਿਆ ਜਿਸ ਦੌਰਾਨ ਗਰਭਵਤੀ ਔਰਤਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਨੇ ਦਸਿਆ ਕਿ ਇਹ ਵਿਸ਼ੇਸ਼ ਦਿਨ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਮਨਾਇਆ ਜਾਂਦਾ ਹੈ ਜਿਸ ਤਹਿਤ ਉੱਚ ਜੋਖਮ ਗਰਭਵਤੀ ਔਰਤਾਂ ਦੇ ਉਚਿਤ ਇਲਾਜ ਪ੍ਰਬੰਧਨ ’ਤੇ ਵਿਸ਼ੇਸ਼ ਧਿਆਨ ਦਿਤਾ ਜਾਂਦਾ ਹੈ। ਇਸ ਤੋਂ ਇਲਾਵਾ ਔਰਤਾਂ ਦੇ ਸੁਰੱਖਿਅਤ ਜਣੇਪੇ ਨੂੰ ਯਕੀਨੀ ਬਣਾਉਣ ਲਈ ਆਇਰਨ ਦੀਆਂ ਮੁਫਤ ਗੋਲੀਆਂ ਤੇ ਸਿਹਤ ਸਿੱਖਿਆ ਦੇ ਕੇ ਬਿਹਤਰ ਜੀਵਨਸ਼ੈਲੀ ਜਿਊਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ।

ਸਿਹਤ ਅਧਿਕਾਰੀਆਂ ਨੇ ਆਖਿਆ ਕਿ ਜੇਕਰ ਗਰਭਵਤੀ ਔਰਤਾਂ ਖ਼ਾਸ ਕਰਕੇ ਹਾਈਰਿਸਕ ਔਰਤਾਂ ਦੀ ਸਮੇਂ-ਸਮੇਂ ’ਤੇ ਉੱਚਿਤ ਸਿਹਤ ਜਾਂਚ ਕੀਤੀ ਜਾਵੇ ਤਾਂ ਮਾਂ ਅਤੇ ਬੱਚੇ ਦੀਆਂ ਸਿਹਤ ਨਾਲ ਸੰਬੰਧਤ ਸਮੱਸਿਆਵਾਂ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਚ ਜੋਖਮ ਗਰਭਵਤੀ ਔਰਤਾਂ ਦੀ ਜਣੇਪੇ ਤੋਂ ਪਹਿਲਾਂ ਚਾਰ ਏ.ਐੱਨ.ਸੀ. ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਮਾਵਾਂ ਅਤੇ ਬੱਚਿਆਂ ਦੀ ਮੌਤ ਦਰ ਵਿਚ ਕਮੀ ਲਿਆਉਣ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਹ ਅਭਿਆਨ ਦੇਸ਼ ਭਰ ਅੰਦਰ 9 ਜੂਨ 2016 ਨੂੰ ਸ਼ੁਰੂ ਕੀਤਾ ਗਿਆ ਸੀ, ਜਿਸ ਤਹਿਤ ਸਮੂਹ ਸਰਕਾਰੀ ਸੰਸਥਾਵਾਂ ਵਿਖੇ ਮਹੀਨੇ ਦੀ ਹਰ 9 ਤਰੀਕ ਅਤੇ 23 ਤਰੀਕ ਨੂੰ ਵਿਸ਼ੇਸ਼ ਤੌਰ ‘ਤੇ ਹਾਈਰਿਸਕ ਗਰਭਵਤੀ ਔਰਤਾਂ ਦੇ ਸੁਰੱਖਿਅਤ ਜਣੇਪੇ ਲਈ ਮਾਹਰ ਡਾਕਟਰਾਂ ਵੱਲੋਂ ਜਾਂਚ ਕੀਤੀ ਜਾਂਦੀ ਹੈ। ਸਿਹਤ ਵਿਭਾਗ ਵੱਲੋਂ ਲੋੜਵੰਦ ਅਤੇ ਗਰਭਵਤੀ ਔਰਤਾਂ ਦੀ ਸੁਰੱਖਿਆ ਲਈ ਸ਼ੁਰੂ ਕੀਤਾ ਗਿਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਲੋੜਵੰਦ ਗਰਭਵਤੀ ਔਰਤਾਂ ਲਈ ਲਾਹੇਵੰਦ ਸਾਬਤ ਹੋ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਜ਼ਿਲ੍ਹੇ ਅੰਦਰ ਹੁਣ ਤੱਕ ਹਜ਼ਾਰਾਂ ਗਰਭਵਤੀ ਔਰਤਾਂ ਵੱਲੋਂ ਲਾਭ ਉਠਾਇਆ ਜਾ ਚੁੱਕਿਆ ਹੈ।

ਉਨ੍ਹਾਂ ਨੇ ਲੋੜਵੰਦ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਪਹੁੰਚ ਕੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ।

Leave a Reply

Your email address will not be published. Required fields are marked *