ਜ਼ਿਲ੍ਹਾ ਲੁਧਿਆਣਾ ਦੇ ਸਾਹਨੇਵਾਲ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਸਭ ਤੋਂ ਅਹਿਮ ਰਹੇਗੀ।
ਉਨ੍ਹਾਂ ਨੇ ਮਾਲ ਵਿਭਾਗ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਵਧਾਉਣ ਲਈ ਜਨਤਕ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਣਾਲੀ ਵਿੱਚ ਕਈ ਲੋਕ-ਪੱਖੀ ਪਹਿਲਕਦਮੀਆਂ ਸ਼ੁਰੂ ਕਰਨ ਸਬੰਧੀ ਆਪਣੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਯਤਨ ਕੀਤੇ ਜਾਣਗੇ ਤਾਂ ਜੋ ਸੂਬਾ ਵਾਸੀਆਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਪੰਜਾਬ ਦੇ ਐੱਨਆਰਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ
ਤੋਂ ਇਲਾਵਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਸ. ਮੁੰਡੀਆਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।